Wednesday, May 01, 2013

ਮਈ ਦਿਵਸ ਲਈ ਵਿਸ਼ੇਸ਼//ਡਾæ ਤੇਜਿੰਦਰ ਵਿਰਲੀ

ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ 'ਚ ਵਰਤਮਾਨ ਦੇ ਰੂ-ਬ-ਰੂ
ਅਮਰੀਕਾ ਦੇ ਸ਼ਹਿਰ ਸ਼ਿਕਾਗੋ ਅੰਦਰ ਪਹਿਲੀ ਮਈ 1886 ਨੂੰ ਵਾਪਰੇ ਉਸ ਖੂਨੀ ਸਾਕੇ ਨਾਲ ਜੁੜੇ ਹੋਏ ਸ਼ਾਨਾਮੱਤੇ ਇਤਿਹਾਸ ਦਾ ਨਾਂ ਹੈ ਮਈ ਦਿਵਸ। ਜਦੋਂ ਮਜ਼ਦੂਰ ਕੰਮ ਦੀ ਦਿਹਾੜੀ ਦੇ ਘੰਟੇ ਨਿਰਧਾਰਤ ਕਰਨ ਤੇ ਹੋਰ ਨਿੱਕੀਆਂ-ਨਿੱਕੀਆਂ ਮੰਗਾਂ ਲਈ ਪੁਰਅਮਨ ਮੁਜ਼ਾਹਰਾ ਕਰ ਰਹੇ ਸਨ ਤਾਂ ਮੁਜ਼ਾਹਰਾਕਾਰੀਆਂ 'ਤੇ ਮਿੱਲ ਮਾਲਕਾਂ ਦੀ ਰਖੇਲ ਪੁਲਿਸ ਵੱਲੋਂ ਗੋਲੀਆਂ ਦਾ ਮੀਂਹ ਵਰ੍ਹਾਇਆ ਗਿਆ ਸੀ, ਜਿਸ ਵਿਚ ਅਨੇਕਾਂ ਮਜ਼ਦੂਰਾਂ ਸ਼ਹੀਦ ਹੋ ਗਏ। ਗੱਲ ਇੱਥੇ ਹੀ ਖਤਮ ਨਹੀਂ ਹੋਈ, ਮਜ਼ਦੂਰ ਆਗੂਆਂ 'ਤੇ ਝੂਠੇ ਕੇਸ ਬਣਾ ਕੇ ਇਸ ਅੰਦੋਲਨ ਦੇ ਚਾਰ ਆਗੂ ਫਾਂਸੀ ਚਾੜ੍ਹ ਦਿੱਤੇ ਗਏਖ। ਇਹ ਉਹ ਇਤਿਹਾਸਕ ਦਿਨ ਸੀ, ਜਦੋਂ ਸ਼ਿਕਾਗੋ ਦੀ ਧਰਤੀ 'ਤੇ ਡੁੱਲ੍ਹੇ ਖ਼ੂਨ ਸਦਕਾ ਮਜ਼ਦੂਰ ਜਮਾਤ ਦੀ ਅਗਵਾਈ ਕਰ ਰਿਹਾ ਚਿੱਟਾ ਝੰਡਾ ਸਦਾ-ਸਦਾ ਲਈ ਸੂਹਾ ਲਾਲ ਹੋ ਗਿਆ। 
ਇਹ ਹੀ ਇਕੋ ਇਕ ਅਜਿਹਾ ਦਿਨ ਹੈ, ਜੋ ਦੇਸ਼ਾਂ ਅਤੇ ਮਹਾਂਦੀਪਾਂ ਦੇ ਹੱਦਾਂ-ਬੰਨ੍ਹੇ ਟੱਪ ਕੇ ਸੰਸਾਰ ਦੇ ਹਰ ਕੋਨੇ ਵਿਚ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਦਿਵਸ ਜਿੱਥੇ ਉਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੈ, ਉੱਥੇ ਸੰਘਰਸ਼ ਕਰਦੀਆਂ ਧਿਰਾਂ ਨੂੰ ਹੁਲਾਰਾ ਵੀ ਦਿੰਦਾ ਹੈ। ਭਾਰਤ ਅੰਦਰ ਮਜ਼ਦੂਰ ਜਮਾਤ ਵੱਲੋਂ ਇਸ ਦਿਨ ਨੂੰ ਬਰਤਾਨਵੀਂ ਹਾਕਮਾਂ ਦੇ ਸ਼ਾਸਨ ਕਾਲ ਤੋਂ ਲੈ ਕੇ ਅੱਜ ਤੱਕ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾਂਦਾ ਰਿਹਾ ਹੈ। ਜੇ ਇਤਿਹਾਸ ਦੇ ਝਰੋਖੇ 'ਤੇ ਝਾਤ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਸ਼ਹੀਦ-ਏ-ਆਜ਼ਮ ਸ੍ਰ.ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਜੇਲ੍ਹ ਦੇ ਅੰਦਰ ਖਚਾਖਚ ਭਰੀ ਅਦਾਲਤ ਵਿਚ ਲਾਲ ਝੰਡਾ ਲਹਿਰਾ ਕੇ ਇਨਕਲਾਬ ਜ਼ਿੰਦਾਬਾਦ ਦੇ ਅਮਰ ਨਾਅਰੇ ਨਾਲ ਇਹ ਮਹਾਨ ਦਿਨ ਮਨਾਇਆ ਸੀ ਤੇ ਆਪਣੇ ਸ਼ਾਨਾਮੱਤੇ ਕਿਰਤੀ ਲਹਿਰ ਦੇ ਇਤਿਹਾਸ ਨੂੰ ਬਰਕਰਾਰ ਰੱਖਣ ਦੀ ਕਸਮ ਖਾਧੀ ਸੀ, ਜਿਸ ਨੂੰ ਦੇਖ ਕੇ ਬਰਤਾਨਵੀ ਹਾਕਮ ਦੰਗ ਰਹਿ ਗਿਆ ਸੀ ਤੇ ਜਿਸ ਦੇ ਬਦਲੇ ਵਿਚ ਭਗਤ ਸਿੰਘ ਤੇ ਸਾਥੀਆਂ ਨੂੰ ਜੱਜ ਦੇ ਸਾਹਮਣੇ ਕੁੱਟਿਆ ਗਿਆ ਸੀ। ਇਸ ਮੰਦਭਾਗੀ ਘਟਨਾ 'ਤੇ ਜੱਜ ਨੇ ਕੁੱਟਣ ਵਾਲਿਆਂ 'ਤੇ ਇਤਰਾਜ਼ ਜ਼ਾਹਿਰ ਵੀ ਕੀਤਾ ਸੀ। ਭਾਰਤ ਦੀ ਕਿਰਤੀ ਲਹਿਰ ਕਦੇ ਵੀ ਸੰਸਾਰ ਦੇ ਇਸ ਮਹਾਨ ਦਿਵਸ ਨੂੰ ਮਨਾਉਣ ਤੋਂ ਪਿੱਛੇ ਨਹੀਂ ਰਹੀ। 
Add caption
ਮਈ ਦਿਵਸ ਦੀਆਂ ਇਨਕਲਾਬੀ ਪ੍ਰੰਪਰਾਵਾਂ ਨੂੰ ਕਾਇਮ ਰੱਖਦਿਆਂ ਰੂਸ ਅੰਦਰ ਮਜ਼ਦੂਰ ਜਮਾਤ ਦੀ ਅਗਵਾਈ ਵਿਚ 1917 ਵਿਚ ਮਹਾਨ ਅਕਤੂਬਰ ਇਨਕਲਾਬ ਕਾਮਯਾਬ ਹੋਇਆ। ਮਨੁੱਖੀ ਇਤਿਹਾਸ ਦੀ ਇਸ ਮਹਾਨ ਤਬਦੀਲੀ ਰਾਹੀਂ ਮਾਰਕਸਵਾਦ-ਲੈਨਿਨਵਾਦ ਦੀ ਵਿਚਾਰਧਾਰਾ ਨੂੰ ਪ੍ਰਣਾਈ ਹੋਈ ਮਜ਼ਦੂਰ ਜਮਾਤ ਨੇ ਧਰਤੀ 'ਤੇ ਇਕ ਅਜਿਹੀ ਵਿਵਸਥਾ ਕਾਇਮ ਕੀਤੀ, ਜਿੱਥੇ ਅਮੀਰੀ-ਗਰੀਬੀ ਦੇ ਫਰਕ ਨੂੰ ਮਿਟਾ ਦਿੱਤਾ ਗਿਆ। ਜੇਕਰ 70 ਸਾਲਾਂ ਬਾਅਦ ਸੋਵੀਅਤ ਯੂਨੀਅਨ ਤੇ ਪੂਰਬੀ ਯੂਰਪ ਦੇ ਦੇਸ਼ਾਂ ਅੰਦਰ ਸਮਾਜਵਾਦੀ ਢਾਂਚਾ ਖੇਰੂੰ-ਖੇਰੂੰ ਹੋ ਗਿਆ ਤਾਂ ਇਸ ਦਾ ਇਕ ਕਾਰਨ ਮਈ ਦਿਵਸ ਦੀਆਂ ਇਨਕਲਾਬੀ ਰਵਾਇਤਾਂ ਨੂੰ ਬੇਦਾਵਾ ਦੇਣਾ ਵੀ ਹੈ। 
ਜਿਸ ਸਾਮਰਾਜ ਨੂੰ ਆਪਣੀ ਧਰਤੀ ਤੋਂ ਦਫਾ ਕਰਨ ਲਈ ਲੱਖਾਂ ਲੋਕਾਂ ਨੇ ਕੁਰਬਾਨੀਆਂ ਕਰਕੇ ਆਜ਼ਾਦੀ ਹਾਸਲ ਕੀਤੀ, ਅੱਜ ਉਸੇ ਸਾਮਰਾਜ ਨੂੰ ਸਾਡੇ ਹਾਕਮ ਆਪਣਾ ਆਦਰਸ਼ ਮੰਨੀ ਬੈਠੇ ਹਨ, ਜਿਸ ਦੇ ਸਿੱਟੇ ਵਜੋਂ ਅੱਜ ਨਵੀਂ ਕਿਸਮ ਦੀ ਗੁਲਾਮੀ ਦੇ ਬੱਦਲ ਮੰਡਲਾਉਣ ਲੱਗ ਪਏ ਹਨ। ਵਿਸ਼ਵੀਕਰਨ ਦੇ ਉਦਾਰਵਾਦੀ ਦੌਰ ਵਿਚ ਮਜ਼ਦੂਰ ਜਮਾਤ ਦੀਆਂ ਕਠਿਨਾਈਆਂ ਵਧਦੀਆਂ ਹੀ ਜਾ ਰਹੀਆਂ ਹਨ। ਦੇਸ਼ ਦੀ ਸਮੁੱਚੀ ਵੱਸੋਂ ਦਾ 80 ਫੀਸਦੀ ਹਿੱਸਾ ਵਿੱਦਿਆ, ਸਿਹਤ ਸਹੂਲਤਾਂ, ਰਹਿਣ ਯੋਗ ਆਵਾਸ, ਪੀਣ ਯੋਗ ਪਾਣੀ ਆਦਿ ਤੋਂ ਵੀ ਮਹਿਰੂਮ ਹੁੰਦਾ ਜਾ ਰਿਹਾ ਹੈ। ਬੇਰੁਜ਼ਗਾਰਾਂ ਦੀ ਗਿਣਤੀ 20 ਕਰੋੜ ਤੋਂ ਉਪਰ ਪੁੱਜ ਗਈ ਹੈ। ਦੇਸ਼ ਦੀ ਮਜ਼ਦੂਰ ਸ਼ਕਤੀ ਨੂੰ ਅੱਜ ਜਾਤਾਂ ਤੇ ਨਸਲਾਂ ਦੇ ਨਾਂ 'ਤੇ ਵੰਡਿਆ ਜਾ ਰਿਹਾ ਹੈ। ਇਨ੍ਹਾਂ ਸਾਰੀਆਂ ਉਪਰੋਕਤ ਬਿਮਾਰੀਆਂ ਦਾ ਇਲਾਜ ਲੱਭਣ ਵਾਸਤੇ ਮਜ਼ਦੂਰ ਜਮਾਤ ਲਈ ਮਈ ਦਿਵਸ ਇਕ ਢੁਕਵਾਂ ਮੌਕਾ ਹੈ ਕਿ ਮਜ਼ਦੂਰ ਆਪਣੇ ਅਹਿਦ ਨੂੰ ਦੁਹਰਾਵੇ ਤੇ ਸੰਘਰਸ਼ਾਂ 'ਤੇ ਟੇਕ ਰੱਖੇ। ਇਸ ਦਾ ਫੈਸਲਾ ਮਜ਼ਦੂਰ ਜਮਾਤ ਨੇ ਕਰਨਾ ਹੈ ਕਿ ਉਸਨੇ ਮੌਜੂਦਾ ਪ੍ਰਬੰਧ ਦੇ ਵਿਰੋਧ ਵਿਚ ਸਮੁੱਚੀਆਂ ਪੀੜਤ ਜਮਾਤਾਂ ਨੂੰ ਇਕਮੁੱਠ ਕਰਕੇ ਸੰਘਰਸ਼ਾਂ ਦੇ ਮੈਦਾਨ ਵਿਚ ਕਿਵੇਂ ਉਤਰਨਾ ਹੈ? 
ਮੁਲਾਜ਼ਮ ਵਰਗ, ਜੋ ਮਜ਼ਦੂਰ ਜਮਾਤ ਦਾ ਹੀ ਇਕ ਅੰਗ ਹੈ, ਆਪਣੀਆਂ ਆਰਥਿਕ ਤੇ ਜਮਹੂਰੀ ਮੰਗਾਂ ਦੀ ਪ੍ਰਾਪਤੀ ਲਈ ਕਾਫੀ ਸੰਘਰਸ਼ਸ਼ੀਲ ਰਹਿੰਦਾ ਹੈ। ਇਸ ਦੇ ਸਿੱਟੇ ਵਜੋਂ ਦੇਸ਼ ਪੱਧਰ ਉਤੇ ਮੁਲਾਜ਼ਮ ਲਹਿਰ ਇਕ ਠੋਸ ਸ਼ਕਤੀ ਦੇ ਤੌਰ 'ਤੇ ਉਭਰੀ ਹੈ। ਪ੍ਰੰਤੂ ਲੋੜ ਟਰੇਡ ਯੂਨੀਅਨ ਦੀ ਲੜਾਈ ਨੂੰ ਸਮਾਜਿਕ ਲੜਾਈ ਬਣਾਉਣ ਦੀ ਹੈ। ਜ਼ਰੂਰਤ ਇਮਾਨਦਾਰੀ ਤੇ ਤਨਦੇਹੀ ਨਾਲ ਜਨਤਕ ਘੋਲ ਵਿਕਸਤ ਕਰਨ ਦੀ ਹੈ। ਇਸ ਤਰ੍ਹਾਂ ਮਈ ਦਿਵਸ ਨੂੰ ਮਨਾਉਂਦਿਆਂ ਜੇਕਰ ਮਜ਼ਦੂਰ ਜਮਾਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਚਾਹੁੰਦੀ ਹੈ, ਤਦ ਇਸ ਨੂੰ ਮਈ ਦਿਵਸ ਦੀਆਂ ਇਨਕਲਾਬੀ ਰਵਾਇਤਾਂ 'ਤੇ ਪਹਿਰਾ ਦੇਣ ਅਤੇ ਸਮਾਜਿਕ ਤਬਦੀਲੀ ਲਈ ਉਸਾਰੀ ਜਾ ਰਹੀ ਯੁੱਗ ਪਲਟਾਊ ਲਹਿਰ ਦੇ ਆਗੂ ਬਣਨ ਦੇ ਯੋਗ ਹੋਣ ਲਈ ਯਤਨਸ਼ੀਲ ਹੋਣਾ ਪਵੇਗਾ। ਇਸ ਤੋਂ ਬਿਨਾਂ ਸਮਾਜਵਾਦ ਦੀ ਸਥਾਪਨਾ ਦਾ ਸੁਪਨਾ ਵੀ ਨਹੀਂ ਲਿਆ ਜਾ ਸਕਦਾ।
ਉਦਾਰੀਕਰਨ, ਸੰਸਾਰੀਕਰਨ ਤੇ ਨਿੱਜੀਕਰਨ ਦੇ ਨਾਂ ਹੇਠ ਇਨ੍ਹਾਂ ਨੀਤੀਆਂ ਨੂੰ ਦੇਸ਼ ਅੰਦਰ ਮਨਮੋਹਨ ਸਿੰਘ ਦੀ ਅਗਵਾਈ ਹੇਠ 1991 ਤੋਂ ਪੂਰੀ ਤਰ੍ਹਾਂ ਲਾਗੂ ਕੀਤਾ ਗਿਆ ਸੀ। ਇਨ੍ਹਾਂ ਦਾ ਲੋਕਾਂ ਦੀਆਂ ਜੀਵਨ ਹਾਲਤਾਂ ਉਪਰ ਬਹੁ-ਪਰਤੀ ਅਸਰ ਪੈ ਰਿਹਾ ਹੈ। ਇਨ੍ਹਾਂ ਨੇ ਕਿਰਤੀ ਲੋਕਾਂ ਦੀਆਂ ਕੇਵਲ ਆਰਥਿਕ ਤੇ ਸਮਾਜਿਕ ਮੁਸ਼ਕਲਾਂ ਹੀ ਨਹੀਂ ਵਧਾਈਆਂ, ਬਲਕਿ ਰਾਜਨੀਤਕ ਖੇਤਰ ਵਿਚ ਲੋਕਤੰਤਰਿਕ ਕਦਰਾਂ-ਕੀਮਤਾਂ ਤੇ ਸੰਸਥਾਵਾਂ ਨੂੰ ਵੀ ਭਾਰੀ ਢਾਹ ਲਾਈ ਹੈ ਅਤੇ ਦੇਸ਼ ਅੰਦਰ ਸੱਭਿਆਚਾਰਕ ਨਿਘਾਰ ਨੂੰ ਵੀ ਚੋਖੀ ਤੇਜ਼ੀ ਪ੍ਰਦਾਨ ਕੀਤੀ ਹੋਈ ਹੈ। ਇਸ ਨਾਲ ਲੋਕਾਂ ਅੰਦਰ ਨਿਰਾਸ਼ਾ ਤੇ ਰੋਹ ਦੀਆਂ ਭਾਵਨਾਵਾਂ ਵਧੀਆਂ ਹੋਈਆਂ ਸਪੱਸ਼ਟ ਦਿਖਾਈ ਦੇ ਰਹੀਆਂ ਹਨ। ਇਨ੍ਹਾਂ ਨੀਤੀਆਂ ਅਧੀਨ ਹੀ ਸਾਡੇ ਦੇਸ਼ ਦੀ ਸਰਕਾਰ ਸਮਾਜਿਕ ਭਲਾਈ ਪ੍ਰਤੀ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਤੋਂ ਵੱਡੀ ਹੱਦ ਤੱਕ ਭਗੌੜੀ ਹੋ ਗਈ ਹੈ । ਭਾਰਤ ਦੇ ਹੀ ਨਹੀਂ, ਬਲਕਿ ਸਮੁੱਚੇ ਸੰਸਾਰ ਦੇ ਕਿਰਤੀ ਲੋਕਾਂ ਦੀਆਂ ਬਹੁਤ ਸਾਰੀਆਂ ਮੁਸੀਬਤਾਂ ਲਈ ਅੱਜ ਉਦਾਰੀਕਰਨ, ਸੰਸਾਰੀਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਇਨ੍ਹਾਂ ਨੀਤੀਆਂ ਕਾਰਨ ਹੀ :
ਦ ਆਰਥਿਕਤਾ ਦੇ ਸਮੁੱਚੇ ਖੇਤਰ ਨੂੰ ਮੰਡੀ ਦੀਆਂ ਬੇਲਗਾਮ ਤੇ ਬੇਤਰਸ ਸ਼ਕਤੀਆਂ ਦੇ ਰਹਿਮੋ-ਕਰਮ 'ਤੇ ਛੱਡਿਆ ਜਾ ਰਿਹਾ ਹੈ, ਜਿਸ ਦੇ ਸਿੱਟੇ ਵਜੋਂ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਕਿਰਤੀ ਲੋਕਾਂ ਦੀ ਅਸਲ ਕਮਾਈ ਤੇਜ਼ੀ ਨਾਲ ਖੁਰਦੀ ਜਾ ਰਹੀ ਹੈ। ਨਿਰਾਸ਼ਾਵਸ ਕਿਸਾਨ ਤੇ ਮਜ਼ਦੂਰ ਖੁਦਕਸ਼ੀਆਂ ਦੇ ਰਾਹੇ ਪੈਣ ਲਈ ਮਜਬੂਰ ਹੋ ਰਹੇ ਹਨ ਅਤੇ ਜਵਾਨੀ ਨਸ਼ਿਆਂ ਤੇ ਗੈਰ-ਕਾਨੂੰਨੀ ਅਸਮਾਜਿਕ ਧੰਦਿਆਂ ਵਿਚ ਗ਼ਰਕ ਹੋਣ ਲਈ ਮਜਬੂਰ ਹੋ ਰਹੀ ਹੈ। ਦ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਕਾਰਨ ਸਾਮਰਾਜੀ ਦੇਸ਼ਾਂ ਦੀਆਂ ਵਪਾਰਕ ਧੱਕੇਸ਼ਾਹੀਆਂ ਅਤੇ ਵਿੱਤੀ ਹੇਰਾਫੇਰੀਆਂ ਵਿਚ ਭਾਰੀ ਵਾਧਾ ਹੋਇਆ ਹੈ, ਹਰ ਖੇਤਰ ਵਿਚ ਨੈਤਿਕ ਕਦਰਾਂ-ਕੀਮਤਾਂ ਤਬਾਹ ਹੋ ਰਹੀਆਂ ਹਨ ਅਤੇ ਨਿੱਤ ਨਵੇਂ ਸਕੈਂਡਲ ਜਨਮ ਲੈ ਰਹੇ ਹਨ। 
ਦ ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਕਿਰਤੀ ਲੋਕਾਂ ਦੀਆਂ ਕੰਮ ਹਾਲਤਾਂ ਦਿਨੋ-ਦਿਨ ਹੋਰ ਕਠਿਨ ਹੁੰਦੀਆਂ ਜਾ ਰਹੀਆਂ ਹਨ ਤੇ ਸੇਵਾ ਸੁਰੱਖਿਆ ਦਾ ਸੰਕਲਪ ਲਗਭਗ ਬੀਤੇ ਦੀ ਯਾਦ ਬਣ ਜਾਣ ਵੱਲ ਵਧ ਰਿਹਾ ਹੈ, ਠੇਕਾ ਭਰਤੀ ਦੀ ਪ੍ਰਣਾਲੀ ਇਕ ਆਮ ਵਰਤਾਰਾ ਬਣਦੀ ਜਾ ਰਹੀ ਹੈ, ਕਿਰਤ ਕਾਨੂੰਨਾਂ ਦਾ ਤੇਜ਼ੀ ਨਾਲ ਭੋਗ ਪੈ ਰਿਹਾ ਹੈ, ਕਿਰਤੀਆਂ 'ਤੇ ਕੰਮ ਦਾ ਭਾਰ ਵਧਾਇਆ ਜਾ ਰਿਹਾ ਹੈ ਅਤੇ ਕਿਰਤ ਸ਼ਕਤੀ ਦੀ ਲੁੱਟ ਤਿੱਖੀ ਹੁੰਦੀ ਜਾ ਰਹੀ ਹੈ, ਸਮਾਜਿਕ-ਆਰਥਿਕ ਤੌਰ 'ਤੇ ਪੱਛੜੇ ਹੋਏ ਦਲਿਤਾਂ ਅਤੇ ਔਰਤਾਂ 'ਤੇ ਸਮਾਜਿਕ ਜਬਰ ਦਿਨੋ-ਦਿਨ ਹੋਰ ਵਧੇਰੇ ਘਿਨਾਉਣਾ ਰੂਪ ਧਾਰਨ ਕਰਦਾ ਜਾ ਰਿਹਾ ਹੈ। 
ਦ ਕਿਰਤੀ ਲੋਕਾਂ ਦੀ ਰੱਤ ਨਿਚੋੜ ਕੇ ਖੜ੍ਹੇ ਕੀਤੇ ਗਏ ਜਨਤਕ ਖੇਤਰ ਵਿਚਲੇ ਸਾਰੇ ਅਦਾਰੇ, ਕਾਰਖਾਨੇ ਤੇ ਖੋਜ ਸੰਸਥਾਵਾਂ ਕੌਡੀਆਂ ਦੇ ਭਾਅ ਕਾਰਪੋਰੇਟ ਘਰਾਣਿਆਂ ਤੇ ਬਹੁਕੌਮੀ ਕਾਰਪੋਰੇਸ਼ਨਾਂ ਨੂੰ ਵੇਚੇ ਜਾ ਰਹੇ ਹਨ, ਜਿਸ ਨਾਲ ਉਹ ਲੁਟੇਰੇ ਤਾਂ ਮਾਲੋ-ਮਾਲ ਹੋ ਰਹੇ ਹਨ, ਪ੍ਰੰਤੂ ਉਨ੍ਹਾਂ ਵਿਚ ਕੰਮ ਕਰਦੇ ਬਹੁਤੇ ਮਜ਼ਦੂਰ ਤੇ ਮੁਲਾਜ਼ਮ ਬੇਰੁਜ਼ਗਾਰਾਂ ਦੀਆਂ ਕਤਾਰਾਂ ਵਿਚ ਸ਼ਾਮਲ ਹੋਣ ਲਈ ਮਜਬੂਰ ਹੋ ਰਹੇ ਹਨ। ਦ ਧਰਤੀ ਤੇ ਇਸ ਦੇ ਚੌਗਿਰਦੇ ਭਾਵ ਵਾਤਾਵਰਨ ਲਈ ਨਿੱਤ ਨਵੇਂ ਖਤਰੇ ਵਧਦੇ ਜਾ ਰਹੇ ਹਨ, ਇੱਥੋਂ ਤੱਕ ਕਿ ਇਸ ਧਰਤੀ ਦਾ, ਇਸ 'ਤੇ ਉੱਸਰੀ ਭਾਂਤ-ਸੁਭਾਂਤੀ ਕਾਇਨਾਤ ਦਾ ਅਤੇ ਮਨੁੱਖਤਾ ਦਾ ਭਵਿੱਖ ਵੀ ਗੰਭੀਰ ਖਤਰਿਆਂ ਦਾ ਸ਼ਿਕਾਰ ਹੋ ਚੁੱਕਾ ਹੈ।
Ḕਵਿੱਕੀਲੀਕਸ' ਨੇ ਅਮਰੀਕਨ ਸਾਮਰਾਜੀਆਂ ਦੇ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਅੰਦਰ ਕੀਤੇ ਜਾਣ ਵਾਲੇ ਅਜਿਹੇ ਕਾਲੇ ਕਾਰਨਾਮਿਆਂ ਨੂੰ ਹੁਣ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਸਾਮਰਾਜੀ ਲੁਟੇਰਿਆਂ ਦੀ ਇਸ ਧੌਂਸਵਾਦੀ ਪਹੁੰਚ ਅਤੇ ਪ੍ਰਭੂਸੱਤਾ ਸੰਪੰਨ ਦੇਸ਼ਾਂ ਵਿਚ ਗੈਰ-ਕਾਨੂੰਨੀ ਤੇ ਗੈਰ-ਜਮਹੂਰੀ ਦਖਲ-ਅੰਦਾਜ਼ੀ ਵਿਰੁੱਧ ਵੀ ਵਿਸ਼ਾਲ ਲੋਕ-ਰਾਏ ਜਥੇਬੰਦ ਕਰਨ ਦੀ ਅੱਜ ਭਾਰੀ ਲੋੜ ਹੈ। ਇਸ ਮੰਤਵ ਲਈ ਕਿਰਤੀ ਜਨ-ਸਮੂਹਾਂ ਨੂੰ ਇਕਜੁੱਟ ਕਰਨ ਦੇ ਨਾਲ-ਨਾਲ ਸਮੁੱਚੀਆਂ ਦੇਸ਼-ਭਗਤ ਸ਼ਕਤੀਆਂ ਨੂੰ ਵੀ ਨਾਲ ਲੈਣਾ ਜ਼ਰੂਰੀ ਹੋ ਗਿਆ ਹੈ। 
ਮੋਬਾ : 94647-97400                        (ਦੇਸ਼ ਸੇਵਕ ਚੋਂ ਧੰਨਵਾਦ ਸਹਿਤ)

No comments: