Thursday, January 02, 2014

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ

Wed, Jan 1, 2014 at 4:13 PM
SGPC ਵੱਲੋਂ  ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ  ਦਿਹਾੜਾ-ਦਲਮੇਘ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 6 ਨੂੰ
ਅੰਮ੍ਰਿਤਸਰ: 01 ਜਨਵਰੀ 2013: (ਕਿੰਗ//ਇੰਦਰ ਮੋਹਣ ਸਿੰਘ ‘ਅਨਜਾਣ’//ਪੰਜਾਬ ਸਕਰੀਨ):
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ-ਏ-ਕਮਾਲ, ਸਰਬੰਸ ਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 7 ਜਨਵਰੀ 2014 ਨੂੰ ਸੰਗਤਾਂ ਦੇ ਸਹਿਯੋਗ ਨਾਲ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ’ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 6 ਜਨਵਰੀ 2014 ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਵੇਗਾ। ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਭਾ-ਸੁਸਾਇਟੀਆਂ, ਜਥੇਬੰਦੀਆਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਸ਼ਾਮਲ ਹੋਣਗੀਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ.ਦਲਮੇਘ ਸਿੰਘ ਖੱਟੜਾ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਵਾਨਾ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਬ੍ਰਹਮਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਸੱਟੀ ਬਜ਼ਾਰ, ਕਟੜਾ ਆਹਲੂਵਾਲੀਆ, ਚੌਂਕ ਘੰਟਾ ਘਰ ਤੋਂ ਹੁੰਦਾ ਹੋਇਆ ਬਜ਼ਾਰ ਮਾਈ ਸੇਵਾ, ਦਰਸ਼ਨੀ ਡਿਊੜੀ, ਗੁਰੂ ਬਜ਼ਾਰ, ਚੌਂਕ ਚੁਰੱਸਤੀ ਅਟਾਰੀ, ਬਜ਼ਾਰ ਵਹੀਆਂ ਵਾਲਾ, ਮਜੀਠ ਮੰਡੀ, ਚੌਂਕ ਮੰਨਾ ਸਿੰਘ, ਬਜ਼ਾਰ ਮਿਸ਼ਰੀ, ਬਜ਼ਾਰ ਪਾਪੜਾਂ, ਬਜ਼ਾਰ ਆਟਾ ਮੰਡੀ, ਚੌਂਕ ਛੱਤੀ ਖੂਹੀ, ਬਜ਼ਾਰ ਹੰਸਲੀ ਵਾਲਾ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਬਜ਼ਾਰ ਲੋਹਾਰਾਂ, ਚੌਂਕ ਲਛਮਣਸਰ, ਚੌਂਕ ਪ੍ਰਾਗਦਾਸ ਤੋਂ ਸ੍ਰੀ ਗੁਰੂ ਰਾਮਦਾਸ ਨਿਵਾਸ ਪੁੱਜ ਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਪਤ ਹੋਵੇਗਾ।
ਉਨਾਂ ਕਿਹਾ ਕਿ 7 ਜਨਵਰੀ 2014 ਦਿਨ ਮੰਗਲਵਾਰ ਨੂੰ ਸਵੇਰੇ 8.30 ਵਜੇ ਤੋਂ 12.00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿਨ ਭਰ ਦੀਵਾਨ ਸੱਜਣਗੇ।  ਸ਼ਾਮ 7.00 ਵਜੇ ਤੋਂ ਰਾਤ 9.00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ। ਰਾਤ 9.00 ਵਜੇ ਕਵੀ ਦਰਬਾਰ ਅਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਅੱਗੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ। ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਹੈ ਕਿ ਪਰਿਵਾਰਾਂ ਸਮੇਤ ਨਗਰ ਕੀਰਤਨ ਅਤੇ ਧਾਰਮਿਕ ਦੀਵਾਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣੀਏ।
 ਨੰ:3336/01-01-2014 (ਇੰਦਰ ਮੋਹਣ ਸਿੰਘ ‘ਅਨਜਾਣ’)
99148-13317

No comments: