Friday, February 12, 2016

ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ--ਡਾ. ਅਟਵਾਲ

ਖੱਬੇ ਸਿਆਸੀ ਆਗੂਆਂ ਨੇ ਵੀ ਲਗਵਾਈ ਨਾਮਧਾਰੀ ਦਰਬਾਰ ਵਿੱਚ ਹਾਜ਼ਰੀ 
ਸੰਤ ਸਮਾਜ ਅਤੇ ਸਾਹਿਤਿਕ ਸੰਸਥਾਵਾਂ ਦੇ ਮੁਖੀ ਵੀ ਉਚੇਚੇ ਤੌਰ ਤੇ ਪੁੱਜੇ 
ਸ੍ਰੀ ਭੈਣੀ ਸਾਹਿਬ (ਲੁਧਿਆਣਾ): 12 ਫਰਵਰੀ 2016: (ਪੰਜਾਬ ਸਕਰੀਨ ਬਿਊਰੋ):
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਸਮਾਜ ਵਿੱਚ ਫੈਲੀਆਂ ਭੈੜੀਆਂ ਕੁਰੀਤੀਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣਾ ਜੀਵਨ ਇੱਕ ਮਿਸ਼ਨ ਦੀ ਤਰ੍ਹਾਂ ਬਿਤਾਇਆ ਪਰ ਬੜੇ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿੱਚ ਕਈ ਕੁਰੀਤੀਆਂ ਅੱਜ ਵੀ ਜੀਵਤ ਹਨ, ਜਿਨ੍ਹਾਂ ਨੂੰ ਖ਼ਤਮ ਕਰਨ ਦੀ ਲੋੜ ਹੈੈ। ਇਨ੍ਹਾਂ ਨੂੰ ਖ਼ਤਮ ਕਰਨ ਲਈ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਤੋਰੇ ਗਏ ਮਿਸ਼ਨ ਨੂੰ ਅਪਨਾਉਣ ਦੀ ਵੱਡੀ ਹੈ। ਇਹ ਵਿਚਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਚਰਨਜੀਤ ਸਿੰਘ ਅਟਵਾਲ ਨੇ ਅੱਜ ਸਥਾਨਕ ਭੈਣੀ ਸਾਹਿਬ ਦਰਬਾਰ ਵਿਖੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ 200ਵੇਂ ਪ੍ਰਕਾਸ਼ ਪੁਰਬ ਸੰਬੰਧੀ ਮਨਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਸਿੱਖੀ ਸਵੈਮਾਣ ਦੇ ਪੁਨਰ ਸੰਸਥਾਪਕ ਅਤੇ ਦੇਸ਼ ਦੀ ਅਜ਼ਾਦੀ ਲਈ ਬਰਤਾਨਵੀ ਸਾਮਰਾਜ ਨਾਲ ਨਾ-ਮਿਲਵਰਤਨ ਅਤੇ ਬਾਈਕਾਟ ਨੂੰ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਵਿਸ਼ਵ ਦੇ ਪਹਿਲੇ ਨੀਤੀ-ਵੇਤਾ ਸਨ। ਦੇਸ਼ ਨੂੰ ਅੰਗਰੇਜ਼ਾਂ ਦੇ ਲੋਟੂ ਰਾਜ ਤੋਂ ਆਜ਼ਾਦ ਕਰਾਉਣ ਲਈ ਭਾਵੇਂ ਵੱਖ-ਵੱਖ ਧਰਮਾਂ, ਮਜ਼ਹਬਾਂ, ਵਰਗਾਂ ਅਤੇ ਪਾਰਟੀਆਂ ਨੇ ਆਪਣੇ-ਆਪਣੇ ਤੌਰ ’ਤੇ ਉਪਰਾਲੇ ਕੀਤੇ ਪਰ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੀ ਅਗਵਾਈ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਪਾਇਆ ਗਿਆ ਯੋਗਦਾਨ ਅਤੇ ਕੂਕਿਆਂ ਵੱਲੋਂ ਕੀਤੀਆਂ ਗਈਆਂ ਸ਼ਹੀਦੀਆਂ ਲਾਮਿਸਾਲ ਹਨ। 
ਸ੍ਰ. ਅਟਵਾਲ ਨੇ ਸਿੱਖ ਧਰਮ ਵਿੱਚ ਇਸ ਦਿਨ ਨੂੰ ਖੁਸ਼ੀਆਂ ਭਰਿਆ ਦਿਨ ਦਾ ਦਰਜਾ ਦਿੰਦਿਆਂ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ’ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ। ਉਨ੍ਹਾਂ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ’ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਉਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਨ੍ਹਾਂ ਸ੍ਰ. ਬਾਦਲ ਵੱਲੋਂ ਹਾਜ਼ਰੀ ਲਗਵਾਉਂਦਿਆਂ ਸਮੂਹ ਨਾਮਧਾਰੀ ਸੰਗਤ ਨੂੰ ਭਰੋਸਾ ਦਿੱਤਾ ਕਿ ਨਾਮਧਾਰੀ ਉਦੈ ਸਿੰਘ ਜੀ ਵੱਲੋਂ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। 
ਸਮਾਗਮ ਨੂੰ ਸੰਬੋਧਨ ਕਰਦਿਆਂ ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਦੀ ਕੁਰਬਾਨੀ ਮੂਹਰੇ ਅੱਜ ਹਰ ਅਮਨ ਅਤੇ ਆਜ਼ਾਦੀ ਪਸੰਦ ਵਿਅਕਤੀ ਸਿਰ ਝੁਕਾਉਂਦਾ ਹੈ। ਦੇਸ਼ ਦੀ ਆਜ਼ਾਦੀ ਲਈ ਨਾਮਧਾਰੀ ਸੰਪਰਦਾ ਵੱਲੋਂ ਲੜ੍ਹੇ ਗਏ ਸ਼ਾਂਤਮਈ ਅੰਦੋਲਨ ਦੀ ਵਿਸ਼ਵ ਵਿੱਚ ਕੋਈ ਹੋਰ ਮਿਸਾਲ ਨਹੀਂ ਮਿਲਦੀ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਅਤੇ ਲੋਕ ਸਭਾ ਮੈਂਬਰ ਸ੍ਰ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਅੱਜ ਉਹ ਉਸ ਸਤਿਗੁਰੂ ਰਾਮ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੇ ਹਨ, ਜਿਨ੍ਹਾਂ ਨੇ ਚੰਗਿਆਈ ਦਾ ਪੱਲਾ ਫੜ੍ਹ ਕੇ ਬੁਰਾਈ ਦੇ ਖ਼ਿਲਾਫ਼ ਜੰਗ ਲੜੀ ਅਤੇ ਜਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਨਾਮਧਾਰੀ ਸੰਪਰਦਾ ਵੱਲੋਂ ਯੋਗਦਾਨ ਨੂੰ ਕੋਈ ਵੀ ਭਾਰਤੀ ਭੁਲਾ ਨਹੀਂ ਸਕਦਾ। 
ਇਸ ਦੌਰਾਨ ਮੌਜੂਦਾ ਗੱਦੀਨਸ਼ੀਨ ਨਾਮਧਾਰੀ ਉਦੈ ਸਿੰਘ ਜੀ ਨੇ ਗੁਰੂ ਨਾਨਕ ਦੇਵ ਜੀ, ਸਮੂਹ ਗੁਰੂ ਸਾਹਿਬਾਨ ਅਤੇ ਸਤਿਗੁਰੂ ਰਾਮ ਸਿੰੰਘ ਜੀ ਦੇ ਦੱਸੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਿਆਂ ਸੰਗਤ ਨੂੰ ਗੁਰੂ ਨਾਲ ਜੁੜ ਕੇ ਧਰਮ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਰਾਗੀ ਜੱਥੇ ਵੱਲੋਂ ਕੀਰਤਨ ਕੀਤਾ ਗਿਆ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਤੀਕਸ਼ਨ ਸੂਦ, ਵਿਧਾਇਕ ਸ੍ਰ. ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਸ੍ਰ. ਦਰਸ਼ਨ ਸਿੰਘ ਬਰਾੜ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਕਾਮਰੇਡ ਜੋਗਿੰਦਰ ਦਿਆਲ, ਕਾਮਰੇਡ ਮੰਗਤ ਰਾਏ ਪਾਸਲਾ, ਸ੍ਰ. ਗੁਰਬਚਨ ਸਿੰਘ ਨਾਮਧਾਰੀ, ਸੰਤ ਸੁਖਦੇਵ ਮੁਨੀ, ਬਾਬਾ ਸਤਿਨਾਮ ਸਿੰਘ ਪੀਪਲੀ ਵਾਲੇ ਅਤੇ ਹੋਰਾਂ ਨੇ ਸੰਬੋਧਨ ਕੀਤਾ। 
ਸਮਾਗਮ ਵਿੱਚ ਸੰਤ ਅਤੇ ਸਾਧੂ ਸਮਾਜ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਵਿਧਾਇਕ ਸ੍ਰ. ਸਾਧੂ ਸਿੰਘ ਧਰਮਸੋਤ, ਵਿਧਾਇਕਾ ਬੀਬੀ ਹਰਚਰਨ ਕੌਰ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਮੰਤਰੀ ਸ੍ਰ. ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਸਾਬਕਾ ਮੰਤਰੀ ਸ੍ਰ. ਤੇਜਪ੍ਰਕਾਸ਼ ਸਿੰਘ ਕੋਟਲੀ, ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨਰ ਦੇ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ, ਚੇਅਰਮੈਨ ਵੇਰਕਾ ਮਿਲਕ ਪਲਾਂਟ ਸ੍ਰ. ਅਜਮੇਰ ਸਿੰਘ ਭਾਗਪੁਰ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਪ੍ਰਵੀਨ ਬਾਂਸਲ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ੍ਰ. ਬਲਬੀਰ ਸਿੰਘ ਰਾਜੇਵਾਲ, ਬਾਬਾ ਲੱਖਾ ਸਿੰਘ ਨਾਨਕਸਰ, ਬਾਬਾ ਜਸਵੰਤ ਸਿੰਘ ਨਾਨਕਸਰ, ਦੈਨਿਕ ਸਵੇਰਾ ਅਖ਼ਬਾਰ ਦੇ ਸੰਪਾਦਕ ਸ੍ਰੀ ਸ਼ੀਤਲ ਵਿੱਜ, ਭਾਜਪਾ ਆਗੂ ਸ੍ਰ. ਰਣਜੀਤ ਸਿੰਘ ਹੀਰਾ, ਨਾਮਧਾਰੀ ਸੰਪਰਦਾ ਦੇ ਆਗੂ ਸ੍ਰ. ਸੁਰਿੰਦਰ ਸਿੰਘ ਨਾਮਧਾਰੀ ਅਤੇ ਹੋਰ ਵੀ ਹਾਜ਼ਰ ਸਨ।
ਨਾਮਧਾਰੀ ਸੰਪਰਦਾ ਨਾਲ ਸਬੰਧਤ ਹੋਰ ਖਬਰਾਂ ਲਈ ਇਥੇ ਕਲਿੱਕ ਕਰੋ

ਨਾਮਧਾਰੀ ਵਿਵਾਦ ਹੋਰ ਤਿੱਖਾ:ਏਕਤਾ ਧੜੇ ਵੱਲੋਂ ਜਲੰਧਰ ਵਿਚ ਮੀਡੀਆ ਮੀਟ

Sant Harpal Singh on Namdhari Life Style

No comments: