Thursday, October 20, 2016

ਆਰਥਿਕ ਪੱਖ ਤੋਂ ਪੰਜਾਬ ਦੇਸ਼ ਦਾ ਸਰਬੋਤਮ ਸੂਬਾ--ਸੁਖਬੀਰ ਸਿੰਘ ਬਾਦਲ

2016-10-20 18:11 GMT+05:30
ਕਰਜ਼ਾ ਮੁਆਫੀ ਸੰਬੰਧੀ ਕੈਪਟਨ ਲੋਕਾਂ ਨੂੰ ਗੁੰਮਰਾਹ ਕਰਨ ਲੱਗੇ
*ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਸਮਾਗਮਾਂ ਦੀ ‘ਵਿਦਿਆਥੀ  ਉਤਸਵ’ ਨਾਲ ਸ਼ੁਰੂਆਤ
*ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਇਤਿਹਾਸ ਨੂੰ ਰੂਪਮਾਨ ਕਰਦੀ ਪੁਸਤਕ ‘ਧਰਤ ਪੰਜਾਬ’ ਰਿਲੀਜ਼
*ਕਿਹਾ! ਆਜ਼ਾਦੀ ਸੰਘਰਸ਼ ਅਤੇ ਪੰਜਾਬੀ ਸੂਬੇ ਦੀ ਸਿਰਜਨਾ ਵਿੱਚ ਪੰਜਾਬੀਆਂ ਦਾ ਯੋਗਦਾਨ ਲਾਮਿਸਾਲ
*ਹਜ਼ਾਰਾਂ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾਰੰਗ ਪੇਸ਼ਕਾਰੀਆਂ-
ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਪੰਜਾਬ ਨੰਬਰ ਇੱਕ-ਦਲਜੀਤ ਸਿੰਘ ਚੀਮਾ
ਲੁਧਿਆਣਾ, 20 ਅਕਤੂਬਰ 216: (ਪੰਜਾਬ ਸਕਰੀਨ ਬਿਊਰੋ):
ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਸੰਬੰਧੀ ਮਨਾਏ ਜਾਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਅੱਜ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ‘ਪੰਜਾਬੀ ਸੂਬਾ ਵਿਦਿਆਰਥੀ ਉਤਸਵ’ ਸਮਾਗਮ ਨਾਲ ਕੀਤੀ। ਇਹ ਇੱਕ ਦਿਨਾਂ ਸਮਾਗਮ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਖੁੱਲ੍ਹੀ ਜੀਪ ਵਿੱਚ ਸਿੱਖਿਆ ਮੰਤਰੀ ਨਾਲ ਖਚਾਖਚ ਭਰੇ ਸਟੇਡੀਅਮ ਦਾ ਦੌਰਾ ਕੀਤਾ ਅਤੇ ਰਸਮੀਂ ਮਿਸ਼ਾਲ ਵਿਦਿਆਰਥੀਆਂ ਨੂੰ ਸੌਂਪੀ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸੱਭਿਆਚਾਰਕ, ਆਰਥਿਕ ਅਤੇ ਸਮਾਜਿਕ ਪੱਖਾਂ ਨੂੰ ਉਜਾਗਰ ਕਰਦੀ ਪੁਸਤਕ ‘ਧਰਤ ਪੰਜਾਬ’ ਨੂੰ ਵੀ ਜਾਰੀ ਕੀਤਾ ਅਤੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਦੀ ਅਮੀਰੀ ਨੂੰ ਪੇਸ਼ ਕਰਦੀਆਂ ਰੰਗਾਰੰਗ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। 
ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਬੱਚਿਆਂ ਨੂੰ ਪੰਜਾਬ ਦਾ ਭਵਿੱਖ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਭਵਿੱਖ ਨੂੰ ਸੰਵਾਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 
ਉਨ੍ਹਾਂ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਦੀ ਗੱਲ ਕਰਦਿਆਂ ਕਿਹਾ ਹੈ ਕਿ ਆਜ਼ਾਦੀ ਅੰਦੋਲਨ ਵਿੱਚ ਪੰਜਾਬੀਆਂ ਨੇ ਵੱਡੀ ਗਿਣਤੀ ਵਿੱਚ ਕੁਰਬਾਨੀਆਂ ਦਿੱਤੀਆਂ। ਪਰ ਇਸ ਸੂਬੇ ਨੂੰ ਕੇਂਦਰ ਦੀ ਉਸ ਵੇਲੇ ਦੀ ਕਾਂਗਰਸ ਸਰਕਾਰ ਦੇ ਵਖਰੇਵੇਂ ਵਾਲੇ ਵਤੀਰੇ ਕਾਰਨ ਆਪਣੀ ਰਾਜਧਾਨੀ ਨਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਪੰਜਾਬ ਵੱਲੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਦੀ ਅਗਵਾਈ ਵਿੱਚ ਦੇਸ਼ ਦੀ ਖੁਸ਼ਹਾਲੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਦੁੱਧ ਉਤਪਾਦਨ, ਕਿੰਨੂੰ ਪੈਦਾਵਾਰ, ਸਿਲਾਈ ਮਸ਼ੀਨਾਂ, ਸਾਈਕਲ, ਮਸ਼ੀਨ ਪੁਰਜੇ, ਖੇਡਾਂ ਦਾ ਸਮਾਨ ਅਤੇ ਟਰੈਕਟਰ ਨਿਰਮਾਣ ਵਿੱਚ ਦੇਸ਼ ਭਰ ਵਿੱਚ ਸਭ ਤੋਂ ਅੱਗੇ ਹੈ।  ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਸਭ ਤੋਂ ਸਰਬੋਤਮ ਹੈ, ਉਥੇ ਸੜਕੀ ਢਾਂਚੇ ਦੇ ਵਿਕਾਸ ਵਿੱਚ ਕੀੇਤੇ ਗਏ ਕੰਮਾਂ ਵਿੱਚ ਵੀ ਹੋਰ ਕੋਈ ਰਾਜ ਪੰਜਾਬ ਦੇ ਨੇੜੇ ਤੇੜੇ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਵਿਕਾਸ ਮੁੱਖੀ ਏਜੰਡੇ ਦੀ ਗੱਲ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਮੋਹਾਲੀ ਵਿਖੇ ਪੰਜਾਬ ਇੰਸਟੀਚਿੳੂਟ ਆਫ਼ ਸਪੋਰਟਸ ਬਣ ਗਿਆ ਹੈ ਅਤੇ ਉਥੇ ਸਿਖਾਂਦਰੂ ਖ਼ਿਡਾਰੀਆਂ ਨੂੰ ਵਿਸ਼ਵ ਪੱਧਰੀ ਸਿਖ਼ਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਸਨਅਤੀ ਬੁਨਿਆਦੀ ਢਾਂਚੇ, ਮੈਰੀਟੋਰੀਅਸ ਸਕੂਲਾਂ ਅਤੇ ਵਿਰਾਸਤਾਂ ਦੀ ਸਾਂਭ ਸੰਭਾਲ ਲਈ ਕੀਤੇ ਕੰਮਾਂ ਦਾ ਵੀ ਵੇਰਵਾ ਪੇਸ਼ ਕੀਤਾ। 
ਇਸ ਉਪਰੰਤ ਪੱਤਰਕਾਰਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਇਆ ਕਿ ਉਹ ਕਰਜ਼ਾ ਮੁਆਫੀ ਦੇ ਨਾਮ ’ਤੇ ਪੰਜਾਬ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਇਹ ਵਾਅਦਾ ਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਇੱਕ ਹਲਫੀਆ ਬਿਆਨ ਵੀ ਦੇਣਾ ਚਾਹੀਦਾ ਹੈ ਕਿ ਉਹ ਜੇਕਰ ਸੱਤਾ ਵਿੱਚ ਆਉਣ ’ਤੇ ਕਰਜ਼ਾ ਮੁਆਫ ਕਰਾਉਣ ਵਿੱਚ ਅਸਫ਼ਲ ਰਹੇ ਤਾਂ ਉਹ ਆਪਣੇ ਮਹਿਲ ਸਮੇਤ ਸਾਰੀ ਜਾਇਦਾਦ ਵੇਚ ਕੇ ਇਹ ਕਰਜ਼ਾ ਮੁਆਫ਼ ਕਰਾਉਣਗੇ। ਪੰਜਾਬੀਆਂ ਨੂੰ ਨਸ਼ੇ ਦੇ ਨਾਮ ’ਤੇ ਬਦਨਾਮ ਕਰਨ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸੂਬੇ ਭਰ ਦੇ 5 ਲੱਖ ਤੋਂ ਵਧੇਰੇ ਨੌਜਵਾਨਾਂ ਦਾ ਡੋਪ ਟੈਸਟ ਕਰਵਾਇਆ ਗਿਆ ਸੀ, ਜਿਸ ਵਿੱਚ ਬਹੁਤ ਹੀ ਨਿਗੂਣੇ ਨੌਜਵਾਨ ਪਾਜ਼ੀਟਿਵ ਪਾਏ ਗਏ ਹਨ। 
ਸ੍ਰ. ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ ਕਿ ਉਹ ਸੂਬਾ ਸਰਕਾਰ ਨੂੰ ਆਪਣੀ ਸਪੈਸ਼ਲ ਟਾਸਕ ਫੋਰਸ ਤਿਆਰ ਕਰਕੇ ਸਰਹੱਦ ’ਤੇ ਤਾਇਨਾਤ ਕਰਨ ਦੀ ਆਗਿਆ ਦੇਵੇ ਤਾਂ ਜੋ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। 
ਉੱਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰ. ਬਾਦਲ ਦੇ ਵਿਸ਼ੇਸ਼ ਯਤਨਾਂ ਸਦਕਾ ਸ਼ੁਰੂ ਹੋਵੇ ਵਿਸ਼ਵ ਕਬੱਡੀ ਮੁਕਾਬਲਿਆਂ ਨਾਲ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦਾ ਮੁਕਾਮ ਬਹੁਤ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਕੀਤੇ ਗਏ ਅਥਾਹ ਉਪਰਾਲਿਆਂ ਦੇ ਸਦਕਾ ਅੱਜ ਪੰਜਾਬ ਸਿੱਖਿਆ ਸੁਧਾਰਾਂ ਵਿੱਚ ਦੇਸ਼ ਵਿੱਚ ਪਹਿਲੇ ਸਥਾਨ ’ਤੇ ਹੈ। ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪਿਛਲੇ ਸਮੇਂ ਦੌਰਾਨ 84 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨ ਪੀੜ੍ਹੀ ਨੂੰ ਸੂਬੇ ਦੀਆਂ ਇਤਿਹਾਸਕ ਅਤੇ ਸੱਭਿਆਚਾਰਕ ਜੜ੍ਹਾਂ ਨਾਲ ਜੋੜੀ ਰੱਖਣ ਦੇ ਮਕਸਦ ਨਾਲ ਬਹੁਤ ਉਪਰਾਲੇ ਕੀਤੇ ਹਨ। 
ਇਸ ਤੋਂ ਪਹਿਲਾਂ ਉੱਪ ਮੁੱਖ ਮੰਤਰੀ ਨੇ ਖੁੱਲ੍ਹੀ ਜੀਪ ਵਿੱਚ ਸਵਾਰ ਹੋ ਕੇ ਖਚਾਖਚ ਭਰੇ ਸਟੇਡੀਅਮ ਦਾ ਦੌਰਾ ਕੀਤਾ ਅਤੇ ਵਿਦਿਆਰਥੀਆਂ ਨੂੰ ਰਸਮੀਂ ਮਿਸ਼ਾਲ ਸੌਂਪੀ। ਇਸ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਵੱਖ-ਵੱਖ ਰੰਗਾਂ ਨੂੰ ਰੂਪਮਾਨ ਕਰਦੀ ਰਿਵਾਇਤੀ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ। 
ਇਸ ਮੌਕੇ ਵਿਸ਼ਵ ਪ੍ਰਸਿੱਧ ਪਹਿਲਵਾਨ ‘ਦ ਗਰੇਟ ਖਲੀ’ ਨੇ ਵੀ ਹਾਜ਼ਰੀ ਭਰੀ ਅਤੇ ਨੌਜਵਾਨਾਂ ਨੂੰ ਸੰਬੋਧਨ ਹੰੁਦਿਆਂ ਅਪੀਲ ਕੀਤੀ ਕਿ ਉਹ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ। ਇਸ ਤਰ੍ਹਾਂ ਉਹ ਆਪਣੇ ਆਪ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖ ਸਕਦੇ ਹਨ ਅਤੇ ਸਮਾਜ ਦੇ ਜਿੰਮੇਵਾਰ ਨਾਗਰਿਕ ਬਣ ਸਕਦੇ ਹਨ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਤੀਬਾੜੀ ਮੰਤਰੀ ਸ੍ਰ. ਤੋਤਾ ਸਿੰਘ, ਸਿੰਚਾਈ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ, ਵਿਧਾਇਕ ਸ੍ਰ. ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ ਮੁਹੰਮਦ ਸਦੀਕ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਫ਼ਸਰ ਸ੍ਰ ਪਰਮਿੰਦਰ ਸਿੰਘ ਬਰਾੜ, ਉੱਪ ਮੁੱਖ ਮੰਤਰੀ ਦੇ ਸਲਾਹਕਾਰ ਸ੍ਰ. ਮਨਜਿੰਦਰ ਸਿੰਘ ਸਿਰਸਾ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸਾਬਕਾ ਮੰਤਰੀ ਸ੍ਰ. ਹੀਰਾ ਸਿੰਘ ਗਾਬੜੀਆ, ਉੱਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਤਿਵਾੜੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਮਦਨ ਲਾਲ ਬੱਗਾ, ਸੀਨੀਅਰ ਅਕਾਲੀ ਆਗੂ ਸ੍ਰ. ਜਤਿੰਦਰ ਪਾਲ ਸਿੰਘ ਸਲੂਜਾ, ਇਸਤਰੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਮਨਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ। 
  

No comments: